ਧੂਰੀ, 18 ਅਪ੍ਰੈਲ (ਸੁਖਵਿੰਦਰ ਪਲਾਹਾ ) – ਗੁਰਦੁਆਰਾ ਸ਼੍ਰੀ ਗੁਰੂ ਨਾਨਕਸਰ ਸਾਹਿਬ, ਮਲੇਰਕੋਟਲਾ ਰੋਡ, ਧੂਰੀ ਵਿਖੇ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਸ਼ਰਧਾ ਭਾਵਨਾ ਨਾਲ ਪਾਏ ਜਾਣਗੇ। ਇਸ ਸੰਬੰਧੀ ਸਮੂਹ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸ. ਪਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਅੱਜ ਸਵੇਰੇ 11:00 ਵਜੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 11:30 ਵਜੇ ਸ਼ਬਦ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸੰਗਤਾਂ ਲਈ ਲੰਗਰ ਅਤੇ ਹੋਰ ਸੁਵਿਧਾਵਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਸਮੂਹ ਸੰਗਤ ਨੂੰ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰਬਾਣੀ ਦਾ ਲਾਹਾ ਲੈਣ ਲਈ ਅਪੀਲ ਕੀਤੀ ਗਈ ਹੈ।