ਮਹਿਲ ਕਲਾਂ, 10 ਮਈ (ਫਿਰੋਜ ਖਾਨ )ਲੰਘੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਤੀ ਚੋਣਾਂ ਵਿੱਚ ਜ਼ਿਲ੍ਹਾ ਪਰਿਸ਼ਦ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜ ਚੁੱਕੀ ਬੀਬੀ ਪਰਮਜੀਤ ਕੌਰ ਮਹਿਲ ਕਲਾਂ ਪਤਨੀ ਡਾ. ਅਮਰਜੀਤ ਸਿੰਘ ਮਹਿਲ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਰਿਜ਼ਰਵ ਕਰਕੇ ਔਰਤਾਂ ਲਈ ਰਾਖਵਾਂ ਕੀਤਾ ਜਾਂਦਾ ਹੈ ਤਾਂ ਪਾਰਟੀ ਦੇ ਹੁਕਮਾਂ ਅਨੁਸਾਰ ਉਹ ਪਾਰਟੀ ਟਿਕਟ ਦੀ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਜਦੋਂ ਵੀ ਪਾਰਟੀ ਵੱਲੋਂ ਕੋਈ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਗਿਆ। ਉਨ੍ਹਾਂ ਦੱਸਿਆ ਕਿ ਔਖੇ ਸਮੇਂ ਵਿੱਚ ਜਦੋਂ ਕੋਈ ਵੀ ਉਮੀਦਵਾਰ ਖੜ੍ਹਨ ਲਈ ਤਿਆਰ ਨਹੀਂ ਸੀ, ਉਸ ਵੇਲੇ ਉਨ੍ਹਾਂ ਵੱਲੋਂ ਜਨਰਲ ਸੀਟ ਤੋਂ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜ ਕੇ ਪਾਰਟੀ ਦੀ ਇੱਜ਼ਤ ਬਰਕਰਾਰ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਪਰਿਵਾਰ ਕਾਂਗਰਸ ਦੀਆਂ ਵਿਚਾਰਧਾਰਾਵਾਂ ਨੂੰ ਸਮਰਪਿਤ ਹੋ ਕੇ ਦਿਨ-ਰਾਤ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦਾ ਆ ਰਿਹਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਡਾ. ਅਮਰਜੀਤ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਜਿੱਥੇ ਵੀ ਜ਼ਿੰਮੇਵਾਰੀ ਦਿੱਤੀ ਗਈ, ਉਸ ਨੂੰ ਪੂਰੀ ਨਿਸ਼ਠਾ ਨਾਲ ਨਿਭਾਇਆ ਗਿਆ ਹੈ। ਉਨ੍ਹਾਂ ਪਾਰਟੀ ਹਾਈਕਮਾਨ ਕੋਲ ਮੰਗ ਕੀਤੀ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਉਨ੍ਹਾਂ ਦੇ ਪਰਿਵਾਰ ਨੂੰ ਦੇ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ।